ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿਚ 296 ਐੱਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜ਼ਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿਚ 90, ਅੰਮ੍ਰਿਤਸਰ ਜ਼ੋਨ ਵਿਚ 79, ਬਠਿੰਡਾ ਜ਼ੋਨ ਵਿਚ 71, ਲੁਧਿਆਣਾ ਜ਼ੋਨ ਵਿਚ 29 ਅਤੇ ਜਲੰਧਰ ਜ਼ੋਨ ਵਿਚ 27 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।
ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਇਹ ਐੱਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ।