ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਛੇਵੇਂ ਤਨਖ਼ਾਹ ਕਮਿਸ਼ਨ ਤੇ ਇਸ ਤੋਂ ਬਾਅਦ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤੱਕ ਬਕਾਏ ਦਿੱਤੇ ਜਾਣ ਦੇ ਹੁਕਮ ਸੁਣਾਏ ਹਨ। ਹਾਈ ਕੋਰਟ ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਫ਼ੈਸਲਾ ਸੁਣਾਇਆ। ਪੰਜਾਬ ਸਰਕਾਰ ਨੂੰ 113 ਫ਼ੀਸਦੀ ਦੀ ਥਾਂ ਹੁਣ 119 ਫ਼ੀਸਦੀ ਡੀ. ਏ. ਸਮੇਤ 1 ਜਨਵਰੀ 2016 ਤੋਂ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਰਸਿਮਰਨ ਸਿੰਘ ਸੇਠੀ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ ਤੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਦਾ ਮੁੜ ਹਿਸਾਬ ਲਾਉਣ ਦਾ ਹੁਕਮ ਦਿੱਤਾ ਹੈ, ਜੋ 119% ਦੇ ਸੋਧੇ ਮਹਿੰਗਾਈ ਭੱਤੇ (ਡੀ. ਏ.) ਦੇ ਆਧਾਰ ’ਤੇ ਹੈ। ਇਹ ਫ਼ੈਸਲਾ ਬਹੁਤ ਸਾਰੇ ਪੈਨਸ਼ਨਰਾਂ ਲਈ ਰਾਹਤ ਲਿਆਉਣ ਵਾਲਾ ਹੈ, ਜੋ ਸਰਕਾਰ ਦੇ 20 ਸਤੰਬਰ, 2021 ਦੇ ਨੋਟੀਫਿਕੇਸ਼ਨ ਅਨੁਸਾਰ ਸੋਧੇ ਗਏ ਤਨਖ਼ਾਹ ਸਕੇਲਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਉਡੀਕ ਕਰ ਰਹੇ ਸਨ।