ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਤੋਂ ਬਾਹਰੋਂ ਗੈਰ-ਕਾਨੂੰਨੀ ਰੀਸਾਈਕਲ ਝੋਨੇ/ਚਾਵਲ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ ਅਤੇ ਝੋਨੇ ਦੀ ਜਾਅਲੀ ਬਿਲਿੰਗ ਤੋਂ ਬਚਿਆ ਜਾ ਸਕੇ।
ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਉਨ੍ਹਾਂ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੇ ਭਾਈਵਾਲਾਂ ਲਈ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਸੂਬੇ ਦੇ ਚੌਲ ਮਿੱਲਰਾਂ ਦੇ ਸਾਰੇ ਜਾਇਜ਼ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕਿਹਾ, ਜਿਸ ਵਿੱਚ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਜਗ੍ਹਾ ਦੀ ਘਾਟ ਦਾ ਮੁੱਦਾ ਵੀ ਸ਼ਾਮਿਲ ਹੈ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਖੁਰਾਕ ਸ੍ਰੀ ਵਿਕਾਸ ਗਰਗ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਦੀ ਮੰਗ ਦੇ ਜਵਾਬ ਵਿੱਚ ਕੇਂਦਰੀ ਮੰਤਰਾਲੇ ਨੇ ਦਸੰਬਰ 2024 ਤੱਕ 40 ਲੱਖ ਮੀਟਰਕ ਟਨ ਝੋਨੇ ਲਈ ਥਾਂ ਬਣਾਉਣ ਦਾ ਲਿਖਤੀ ਭਰੋਸਾ ਦਿੱਤਾ ਹੈ ਅਤੇ ਨਾਲ ਹੀ ਅਕਤੂਬਰ ਦੇ ਅੰਤ ਤੱਕ 15 ਲੱਖ ਮੀਟਰਕ ਟਨ ਚਾਵਲ/ਝੋਨਾ ਸੂਬੇ ਵਿੱਚੋਂ ਲੈ ਜਾਣ ਦਾ ਭਰੋਸਾ ਵੀ ਦਿੱਤਾ ਹੈ।
ਇਸ ਤੋਂ ਬਾਅਦ ਮੰਤਰੀ ਨੇ ਵਿਭਾਗ ਨੂੰ ਸਟਾਕ ਲੈ ਜਾਣ ਸਬੰਧੀ ਐਫ.ਸੀ.ਆਈ. ਅਤੇ ਡੀ.ਐਫ.ਪੀ.ਡੀ., ਭਾਰਤ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਬਣਾਈ ਜਾ ਸਕੇ।