ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਅੱਜ ਮੰਤਰੀ ਮੰਡਲ ਨਾਲ ਮੀਟਿੰਗ ਕੀਤੀ ਗਈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਬੇੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ’ਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ’ਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਫੂਕਣ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਮਦਦ ਮਿਲੇਗੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ ਪੋਰਟਲ ਰਾਹੀਂ ਸਬਸਿਡੀ ਲੈਣ ਲਈ ਇੱਛੁਕ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ। ਸੂਬਾ ਸਰਕਾਰ ਵੱਲੋਂ ‘ਉੱਨਤ ਕਿਸਾਨ‘ ਮੋਬਾਈਲ ਐਪਲੀਕੇਸਨ ਵੀ ਲਾਂਚ ਕੀਤੀ ਗਈ ਹੈ, ਜਿਸ ਦੀ ਮਦਦ ਨਾਲ ਝੋਨੇ ਦੇ ਵਾਢੀ ਸੀਜਨ-2024 ਤੋਂ ਪਹਿਲਾਂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸੀਨਾਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।