ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਝੋਨੇ ਦੀ ਵਾਢੀ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ’ਚ ਉਡਨ ਦਸਤੇ ਤਾਇਨਾਤ ਕੀਤੇ ਹਨ। ਦਰਅਸਲ ਇੱਕ ਬਿਆਨ ’ਚ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਦੌਰਾਨ ਤਾਲਮੇਲ ਵਧਾਉਣ ਲਈ ਮੁਹਾਲੀ/ਚੰਡੀਗੜ੍ਹ ’ਚ ਜਲਦੀ ਹੀ ‘ਪਰਾਲੀ ਪ੍ਰਬੰਧਨ ਸੈੱਲ’ ਸਥਾਪਤ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਨੇ 2024 ਦੇ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਰਿਵਾਜ ਨੂੰ ਖਤਮ ਕਰਨ ਲਈ ਵਿਆਪਕ ਕਾਰਜ ਯੋਜਨਾਵਾਂ ਤਿਆਰ ਕੀਤੀਆਂ ਹਨ।
ਨਿਗਰਾਨੀ ਦੇ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਉਡਨ ਦਸਤੇ ਅਗਲੇ ਦੋ ਮਹੀਨਿਆਂ ਲਈ ਦੋਵਾਂ ਸੂਬਿਆਂ ਦੇ ਪਛਾਣੇ ਗਏ ਜ਼ਿਲ੍ਹਿਆਂ ’ਚ ਤਾਇਨਾਤ ਕੀਤੇ ਗਏ ਹਨ। ਇਹ ਉਡਨ ਦਸਤੇ ਸਬੰਧਤ ਸੂਬਾ ਸਰਕਾਰਾਂ ਵਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਨੇੜਲੇ ਤਾਲਮੇਲ ਨਾਲ ਕੰਮ ਕਰਨਗੇ। ਇਹ ਦਸਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਕਮਿਸ਼ਨ ਅਤੇ CPCB ਨੂੰ ਰੋਜ਼ਾਨਾ ਰੀਪੋਰਟ ਸੌਂਪਣਗੇ, ਜਿਸ ’ਚ ਅਪਣੇ-ਅਪਣੇ ਜ਼ਿਲ੍ਹਿਆਂ ’ਚ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਦਾ ਵੇਰਵਾ ਦਿਤਾ ਜਾਵੇਗਾ।
ਪੰਜਾਬ ਦੇ 16 ਜ਼ਿਲ੍ਹਿਆਂ ’ਚ ਜਿੱਥੇ ਉਡਨ ਦਸਤੇ ਤੈਨਾਤ ਕੀਤੇ ਗਏ ਹਨ ਉਨ੍ਹਾਂ ’ਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨ ਤਾਰਨ ਸ਼ਾਮਲ ਹਨ। ਹਰਿਆਣਾ ਦੇ 10 ਜ਼ਿਲ੍ਹੇ ਅੰਬਾਲਾ, ਫਤਿਹਾਬਾਦ, ਹਿਸਾਰ, ਜੀਂਦ, ਕੈਥਲ, ਕਰਨਾਲ, ਕੁਰੂਕਸ਼ੇਤਰ, ਸਿਰਸਾ, ਸੋਨੀਪਤ ਅਤੇ ਯਮੁਨਾਨਗਰ ਹਨ।