ਸੂਬੇ ’ਚ ਝੋਨੇ ਦੀ ਫਸਲ ਦੀ ਖਰੀਦ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।
ਡੀ.ਏ.ਪੀ. ਖਾਦ ਦੀ ਮੰਗ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਐਲਾਨ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਖਾਦ ਜਲਦ ਹੀ ਮਿਲ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਚੁੱਕੇ ਗਏ ਮੁੱਦਿਆਂ ਦਾ ਵੀ ਖੇਤੀਬਾੜੀ ਮੰਤਰੀ ਨੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦੋਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤੀ ਜਾਵੇਗਾ। ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।