ਚੰਡੀਗੜ੍ਹ : ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਚ ਹੋਈ। ਇਸ ਮੀਟਿੰਗ ਵਿਚ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਮਿਤੀ 1 ਅਕਤੂਬਰ, 2024 ਤੋਂ ਸ਼ੁਰੂ ਹੋਇਆ ਹੈ ਅਤੇ ਖ਼ਰੀਦ ਦਾ ਕੰਮ ਮਿਤੀ 30-11-2024 ਤੱਕ ਮੁਕੰਮਲ ਹੋਵੇਗਾ।
ਸਾਉਣੀ ਖ਼ਰੀਦ ਸੀਜ਼ਨ 2024-25 ਖ਼ਰੀਦਿਆ ਝੋਨਾ ਸੂਬੇ ਵਿਚ ਸਥਿਤੀ ਯੋਗ ਚੌਲ ਮਿੱਲਾਂ ਵਿਚ ਸਟੋਰ ਕੀਤਾ ਜਾਵੇਗਾ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ ਵਿਭਾਗ ਵੱਲੋਂ ਹਰੇਕ ਸਾਉਣੀ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹਰੇਕ ਸਾਲ ਕਸਟਮ ਮਿਲਿੰਗ ਪਾਲਿਸੀ ਜਾਰੀ ਕੀਤੀ ਜਾਂਦੀ ਹੈ ਤਾਂ ਕਿ ਭਾਰਤ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦੇ ਝੋਨੇ ਦੀ ਮਿਲਿੰਗ ਹੋ ਸਕੇ।
“ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖ਼ਰੀਦ 2024-25” ਦੇ ਉਪਬੰਧਾਂ ਅਨੁਸਾਰ ਵਿਭਾਗ ਵੱਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਆਨਲਾਈਨ ਜੋੜਿਆ ਜਾਵੇਗਾ। ਰਿਲੀਜ਼ ਆਰਡਰ (ਆਰ.ਓ.) ਸਕੀਮ ਤਹਿਤ ਚੌਲ ਮਿੱਲਰਾਂ ਨੂੰ ਦਿੱਤੇ ਜਾਣ ਵਾਲੇ ਝੋਨੇ ਦੀ ਵੰਡ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗੀ। ਸੂਬੇ ਦੀਆਂ ਮੰਡੀਆਂ ਵਿਚੋਂ ਝੋਨਾ ਚੌਲ ਮਿੱਲਾਂ ਵਿਚ ਉਨ੍ਹਾਂ ਦੀ ਪਾਤਰਤਾ ਅਨੁਸਾਰ ਭੰਡਾਰ ਕਰਨ ਦਾ ਉਪਬੰਧ ਕੀਤਾ ਗਿਆ ਹੈ। ਪਾਲਿਸੀ ਅਤੇ ਐਗਰੀਮੈਂਟ ਮੁਤਾਬਕ ਚੌਲ ਮਿਲ ਮਾਲਕਾਂ ਨੂੰ ਭੰਡਾਰ ਹੋਏ ਝੋਨੇ ਦਾ ਮੁਕੰਮਲ ਚੌਲ 31 ਮਾਰਚ, 2025 ਤੱਕ ਡਿਲਵਰ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ।