ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਪੰਜਾਬ ਵਿੱਚ ਵਾਤਾਵਰਨ ਕਲੀਅਰੈਂਸ ਲਈ ਲਗਦੀ ਪ੍ਰਾਸੈਸਿੰਗ ਫੀਸ ਢਾਂਚੇ ਵਿੱਚ ਸੱਤ ਨਵੀਆਂ ਸਲੈਬਾਂ ਲਿਆ ਕੇ ਕਟੌਤੀ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਦਰਅਸਲ ਪੰਜਾਬ ਵਿੱਚ ਵਾਤਾਵਰਨ ਕਲੀਅਰੈਂਸ ਦੇਣ ਲਈ ਪ੍ਰਾਸੈਸਿੰਗ ਫੀਸ ਵੱਜੋਂ ਪ੍ਰਾਜੈਕਟ ਦੀ ਕੁੱਲ ਲਾਗਤ ਦੇ ਪ੍ਰਤੀ ਕਰੋੜ ਰੁਪਏ ’ਤੇ 10 ਹਜ਼ਾਰ ਰੁਪਏ ਲਏ ਜਾਂਦੇ ਹਨ। ਇਸ ਕੁੱਲ ਲਾਗਤ ਵਿੱਚ ਜ਼ਮੀਨ, ਇਮਾਰਤ, ਬੁਨਿਆਦੀ ਢਾਂਚਾ, ਪਲਾਂਟ ਤੇ ਮਸ਼ੀਨਰੀ ਸ਼ਾਮਲ ਹੁੰਦੀ ਹੈ। ਹੁਣ ਨਵੀਂ ਸਲੈਬ ਮੁਤਾਬਕ ਪੰਜ ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਲਈ ਵਾਤਾਵਰਨ ਕਲੀਅਰੈਂਸ ਵਜੋਂ 25 ਹਜ਼ਾਰ ਰੁਪਏ ਪ੍ਰਾਸੈਸਿੰਗ ਫੀਸ ਲਈ ਜਾਵੇਗੀ, ਜਦੋਂ ਕਿ ਪੰਜ ਤੋਂ 25 ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਉਤੇ 1.50 ਲੱਖ ਰੁਪਏ ਫੀਸ ਲਈ ਜਾਵੇਗੀ।
ਇਸ ਤੋਂ ਇਲਾਵਾ 25 ਕਰੋੜ ਤੋਂ 100 ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਲਈ 6.25 ਲੱਖ ਰੁਪਏ ਪ੍ਰਾਸੈਸਿੰਗ ਫੀਸ ਲਈ ਜਾਵੇਗੀ, ਜਦੋਂ ਕਿ 100 ਤੋਂ 250 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਲਈ 15 ਲੱਖ ਰੁਪਏ ਪ੍ਰਾਸੈਸਿੰਗ ਫੀਸ ਲੱਗੇਗੀ। 250 ਕਰੋੜ ਤੋਂ 500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਲਈ 30 ਲੱਖ ਰੁਪਏ ਵਾਤਾਵਰਨ ਕਲੀਅਰੈਂਸ ਦੀ ਪ੍ਰਾਸੈਸਿੰਗ ਫੀਸ ਵਜੋਂ ਲੱਗਣਗੇ, ਜਦੋਂ ਕਿ 500 ਕਰੋੜ ਰੁਪਏ ਤੋਂ ਇਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਲਈ 50 ਲੱਖ ਰੁਪਏ ਫੀਸ ਲੱਗੇਗੀ।
ਹਾਲਾਂਕਿ ਪ੍ਰਾਜੈਕਟਾਂ ਦੀਆਂ ਬਾਕੀ ਸ਼੍ਰੇਣੀਆਂ (ਜਿਵੇਂ ਕਿ ਇਮਾਰਤ ਤੇ ਨਿਰਮਾਣ, ਏਰੀਆ ਡਿਵੈਲਪਮੈਂਟ ਤੇ ਮਾਈਨਿੰਗ) ਲਈ ਵਾਤਾਵਰਨ ਕਲੀਅਰੈਂਸ ਪ੍ਰਾਸੈਸਿੰਗ ਫੀਸ ਪਹਿਲਾਂ ਵਾਂਗ ਰਹੇਗੀ, ਜਿਵੇਂ ਕਿ ਨੋਟੀਫਿਕੇਸ਼ਨ ਨੰਬਰ 10/167/2013-ਐਸ.ਟੀ.ਈ.(5)/1510178/1 ਮਿਤੀ 27 ਜੂਨ 2019 ਅਤੇ ਨੋਟੀਫਿਕੇਸ਼ਨ ਨੰਬਰ 10/167/2013-ਐਸ.ਟੀ.ਈ.(5)/308-313 ਮਿਤੀ 22 ਨਵੰਬਰ 2019 ਵਿੱਚ ਦਰਸਾਈ ਗਈ ਹੈ।