ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੱਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਦਿੱਤੀ ਗਈ। ਇਸ ਦੌਰਾਨ ਉਹ ਭਾਵੁਕ ਹੁੰਦੇ ਹੋਏ ਨਜ਼ਰ ਆਏ। ਉਨ੍ਹਾਂ ਦੋਸ਼ ਲਗਾਇਆ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਨਿੱਜੀ ਹਮਲਿਆਂ ਦੇ ਸੰਦੇਸ਼ ਭੇਜੇ ਜਾ ਰਹੇ ਹਨ। ਉਨ੍ਹਾਂ ਦੇ ਪਰਿਵਾਰ ਤੱਕ ਨੂੰ ਨਿੱਜੀ ਹਮਲਿਆਂ ’ਚ ਖਿੱਚਿਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਸਤੀਫ਼ਾ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇੰਨ੍ਹਾਂ ਕੁੱਝ ਹੋ ਜਾਣ ਦੇ ਬਾਵਜੂਦ ਐੱਸਜੀਪੀਸੀ ਨੇ ਚੁੱਪੀ ਧਾਰੀ ਹੋਈ ਹੈ।
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਦੁੱਖਦਾਇਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਦੁਆਰਾ ਪਤਾ ਲੱਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਬੱਚਿਆ ’ਤੇ ਪਰਿਵਾਰ ਬਾਰੇ ਜੋ ਕੁਮੈਂਟ ਕੀਤੇ ਹਨ, ਉਹ ਵੀ ਬਹੁਤ ਦੁੱਖਦਾਇਕ ਹੈ। ਜੋ ਟਿੱਪਣੀਆਂ ਬੱਚਿਆਂ ਅਤੇ ਪਰਿਵਾਰ ਬਾਰੇ ਕੀਤੀਆਂ ਹਨ, ਉਹ ਗਲਤ ਹਨ। ਵਿਰਸਾ ਸਿੰਘ ਵਲਟੋਹਾ ਵੱਲੋਂ ਜੱਥੇਦਾਰ ਦੇ ਖਿਲਾਫ਼ ਪੋਸਟਾਂ ਪਾ ਕੇ ਜੋ ਕੀਤਾ ਜਾ ਰਿਹਾ ਹੈ, ਉਹ ਗਲਤ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬੇਨਤੀ ਕਰਦੇ ਹਨ ਕਿ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਮੈਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਾ ਹਾਂ ਅਸਤੀਫਾ ਵਾਪਸ ਲੈਣ। ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜੂਰ ਕੀਤਾ ਜਾਂਦਾ ਹੈ ਫਿਰ ਦਾਸ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਵੇਗਾ। ਪੰਥ ਅੰਦਰ ਪਹਿਲੀ ਵਾਰੀ ਘਟਨਾ ਕ੍ਰਮ ਵਾਪਰਿਆ ਹੈ ਕਿਸੇ ਜਥੇਦਾਰ ਦੇ ਬੱਚਿਆਂ ਅਤੇ ਪਰਿਵਾਰ ਬਾਰੇ ਗਲਤ ਕੁਮੈਂਟ ਕੀਤੇ ਗਏ ਹਨ ਇਹ ਸਰਾਸਰ ਗਲਤ ਹੈ।