ਨਵੀਂ ਦਿੱਲੀ – ਦਿੱਲੀ ਦੇ ਸ਼ਾਹਦਰਾ ਇਲਾਕੇ ‘ਚ ਸ਼ੁੱਕਰਵਾਰ ਤੜਕੇ ਇਕ ਘਰ ‘ਚ ਅੱਗ ਲੱਗਣ ਕਾਰਨ 2 ਲੋਕ ਜਿਊਂਦੇ ਸੜ ਗਏ ਅਤੇ 2 ਬੱਚਿਆਂ ਨੂੰ ਬਚਾ ਲਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਬ੍ਰਿਗੇਡ ਸੇਵਾ (ਡੀ.ਐੱਫ.ਐੱਸ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਸੰਬੰਧ ‘ਚ ਤੜਕੇ 5.25 ਵਜੇ ਸੂਚਨਾ ਮਿਲੀ, ਜਿਸ ਤੋਂ ਬਾਅਦ 6 ਫਾਇਰ ਬ੍ਰਿਗੇਡ ਵਾਹਨਾਂ ਨੂੰ ਹਾਦਸੇ ਵਾਲੀ ਜਗ੍ਹਾ ਭੇਜਿਆ ਗਿਆ।
ਫਾਇਰ ਬ੍ਰਿਗੇਡ ਦੀ ਬਚਾਅ ਮੁਹਿੰਮ ਦੌਰਾਨ ਇਮਾਰਤ ਦੇ ਅੰਦਰੋਂ 2 ਬੱਚਿਆਂ ਨੂੰ ਬਚਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ‘ਤੇ ਅੱਗ ਲੱਗੀ ਸੀ, ਜਿਸ ‘ਤੇ 2 ਘੰਟਿਆਂ ‘ਚ ਕਾਬੂ ਪਾਇਆ ਜਾ ਸਕਿਆ। ਉਨ੍ਹਾਂ ਕਿਹਾ,”ਘਰ ਦੇ ਅੰਦਰੋਂ 2 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਮੁਰਦਾਘਰ ‘ਚ ਰਖਵਾਇਆ ਗਿਆ ਹੈ।” ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਪਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।