ਜਲੰਧਰ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉੱਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਆਯੋਜਿਤ ਮੀਟਿੰਗ ਵਿਚ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।\
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਣਵੱਤਾ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰੇਰੂ-ਧੋਗੜੀ ਰੋਡ, ਲੰਮਾ ਪਿੰਡ-ਜੰਡੂਸਿੰਘਾ ਰੋਡ, ਆਦਮਪੁਰ ਏਅਰਪੋਰਟ ਅਪ੍ਰੋਚ ਰੋਡ, ਬਰਲਟਨ ਪਾਰਕ ’ਚ ਸਪੋਰਟਸ ਹੱਬ, ਸੁਭਾਨਾ ਰੇਲਵੇ ਅੰਡਰਪਾਸ ਪ੍ਰਾਜੈਕਟ ਅਤੇ ਸੀਵਰੇਜ ਲਾਈਨ ਵਿਛਾਉਣ ਦੌਰਾਨ ਨੁਕਸਾਨੀਆਂ ਸੜਕਾਂ ਦੀ ਮੁੜ-ਉਸਾਰੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ।