ਜਲੰਧਰ/ਚੰਡੀਗੜ੍ਹ ਪੰਜਾਬ ਦੇ ਉਦਯੋਗ ਅਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਪ੍ਰੋਗਰਾਮ ਵਿਚ ਉਦਯੋਗਪਤੀ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਸਨਅਤਕਾਰਾਂ ਨਾਲ ਸਲਾਹ ਕਰਕੇ ਪੰਜਾਬ ਵਿਚ ਸਨਅਤੀ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਸਨਅਤਕਾਰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕੰਮ ਕਰ ਸਕਣ।
ਸੀ.ਆਈ.ਆਈ ਪੰਜਾਬ ਸਰਕਾਰ ਦੇ ਸੈਕਟਰ 31 ਸਥਿਤ ਦਫ਼ਤਰ ਵਿਖੇ ਆਪਣੇ ਸੰਬੋਧਨ ਦੌਰਾਨ ਸੌਂਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਹੋਰ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਜੋੜ ਦਿੱਤਾ ਜਾਵੇਗਾ ਤਾਂ ਜੋ ਉਦਯੋਗਪਤੀਆਂ ਨੂੰ ਕਈ ਤਰ੍ਹਾਂ ਦੀਆਂ ਪਰਮਿਸ਼ਨਾਂ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

