ਅੰਮ੍ਰਿਤਸਰ : ਪੰਜਾਬ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਸਰਹੱਦ ਪਾਰੋਂ ਤਸਕਰੀ ਦੇ ਇਕ ਰੈਕਟ ਦਾ ਪਰਦਾਫ਼ਾਸ਼ ਕੀਤਾ ਗਿਆ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 105 ਕਿੱਲੋ ਹੈਰੋਇਨ, 31.93 ਕਿੱਲੋ ਕੈਫੀਨ ਐਨਹਾਈਡ੍ਰਸ, 17 ਕਿੱਲੋ ਡੀ. ਐੱਮ. ਆਰ. ਅਤੇ 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਕੱਟਾ ਬਰਾਮਦ ਕੀਤਾ ਹੈ।ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵਲੋਂ ਐਕਸ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ।
ਦਰਅਸਲ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਤਾਂ ਦੀ ਤਸਕਰੀ ਪਾਣੀ ਦੇ ਰਸਤੇ ਰਾਹੀਂ ਕੀਤੀ ਜਾਂਦੀ ਸੀ। ਫਿਲਹਾਲ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੇ ਅਤੇ ਪਿਛਲੇ ਸਬੰਧ ਨੂੰ ਸਥਾਪਿਤ ਕਰਦਿਆਂ ਨਸ਼ਾ ਤਸਕਰੀ ‘ਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ