Tuesday, December 31, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ...

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਚੰਡੀਗੜ੍ਹ  :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਕਰਕੇ ਸਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ਵਿੱਚ ਘਪਲਾ ਕੀਤਾ ਅਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ਵਿੱਚ ਅਧਿਆਪਕਾਂ ਵਜੋਂ ਕੰਮ ਕਰਦੇ ਦਿਖਾਉਂਦਿਆਂ ਉਹਨਾਂ ਦੇ ਖਾਤਿਆਂ ਵਿੱਚ 35,81,429 ਰੁਪਏ ਮਹੀਨਾਵਾਰ ਤਨਖਾਹ ਵਜੋਂ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਮੁਲਜ਼ਮ ਕਲਰਕ ਸੁਖਵਿੰਦਰ ਸਿੰਘ ਨੇ 2013 ਤੋਂ 2015 ਤੱਕ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਐਂਡ ਡਿਸਬਰਸਿੰਗ ਅਧਿਕਾਰੀ ਸਤਪਾਲ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ 86,172 ਰੁਪਏ ਵੀ ਜਮ੍ਹਾਂ ਕਰਵਾਏ ਸਨ।

ਇਸ ਸਬੰਧੀ ਐਫ.ਆਈ.ਆਰ. ਨੰ. 53 ਮਿਤੀ 20-03-2018 ਨੂੰ ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਵਿਖੇ ਮੁਲਜ਼ਮ ਮੁੱਖ ਅਧਿਆਪਕ ਗੁਰਮੇਲ ਸਿੰਘ, ਕਲਰਕ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ ਵੜੈਚ ਅਤੇ ਗੁਰਵਿੰਦਰ ਕੌਰ ਖਿਲਾਫ਼ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।