ਚੰਡੀਗੜ੍ਹ–ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ।
ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਹ ਪਹਿਲਾਂ ਹੀ ਪੰਜਾਬ ਦੇ ਰੂਰਲ ਡਿਵੈਲਪਮੈਂਟ ਫ਼ੰਡ, ਮੰਡੀ ਡਿਵੈਲਪਮੈਂਟ ਫ਼ੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੇ ਕਈ ਫ਼ੰਡਾਂ ਨੂੰ ਰੋਕੇ ਬੈਠੀ ਹੈ, ਜੋ ਕਿ 10 ਹਜ਼ਾਰ ਕਰੋੜ ਰੁਪਏ ਦੇ ਕਰੀਬ ਹਨ। ਹਾਲ ਹੀ ਵਿੱਚ ਚੌਲਾਂ ਦੀ ਲਿਫ਼ਟਿੰਗ ਵਿੱਚ ਜਾਣਬੁੱਝ ਕੇ ਸਮੱਸਿਆ ਪੈਦਾ ਕੀਤੀ ਗਈ। ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।
ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਅਤੇ ਸਹਿਯੋਗ ਕਰ ਰਹੀ ਹੈ। ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਚੁੱਕੇ ਗਏ ਸਾਰਥਿਕ ਕਦਮਾਂ ਕਾਰਨ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।
ਕੰਗ ਨੇ ਕਿਹਾ ਕਿ ਭਾਜਪਾ ਅਕਸਰ ਕਹਿੰਦੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ ਪਰ ਜਦੋਂ ਵੀ ਉਨ੍ਹਾਂ ਦੀ ਮਦਦ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਜਾਂਦੀ ਹੈ ਜਾਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਦਿੰਦੀ ਹੈ। ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਬੇਹੱਦ ਪੱਖਪਾਤੀ ਅਤੇ ਬਦਲਾਖੋਰੀ ਵਾਲਾ ਹੈ। ਇਸ ਨਾਲ ਦੇਸ਼ ਦੀ ਸੰਘੀ ਪ੍ਰਣਾਲੀ ਵੀ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀ ਮਿਹਨਤ ਨਾਲ ਅਨਾਜ ਉਗਾ ਕੇ ਪੂਰੇ ਦੇਸ਼ ਦਾ ਢਿੱਡ ਭਰਦੇ ਹਨ। ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਸ਼ਰਮਨਾਕ ਹੈ। ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ।