ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਕਿਉਂਕਿ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹੱਥ ਲਗਾਉਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਸਖ਼ਤ ਐਕਸ਼ਨ ਲਿਆ ਹੈ। ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਨਾਲ ਕਥਿਤ ਤੌਰ ‘ਤੇ ਮਾੜਾ ਵਿਵਹਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ। ਚੰਨੀ ਵਿਰੁੱਧ ਕਾਰਵਾਈ ਕਰਦੇ ਹੋਏ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀ.ਜੀ.ਪੀ. ਤੋਂ ਕੱਲ੍ਹ 14 ਮਈ 2024 ਨੂੰ ਦੁਪਹਿਰ 2 ਵਜੇ ਤਕ ਮਾਮਲੇ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਰਿਪੋਰਟ ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਚ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਬੀਬੀ ਜਗੀਰ ਕੌਰ ਇਕ ਮਹੱਤਵਪੂਰਣ ਸ਼ਖਸੀਅਤ ਹਨ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਰਹਿ ਚੁੱਕੇ ਹਨ।
ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਦੋਂ ਜਲੰਧਰ ਵਿਚ ਦੋਵੇ ਇਕੱਠੇ ਨਜ਼ਰ ਆਏ। ਵੀਡੀਓ ਚ ਪਹਿਲਾਂ ਤਾਂ ਚੰਨੀ ਨੇ ਹੱਥ ਮਿਲਾਉਣ ਦੇ ਮਕਸਦ ਨਾਲ ਬੀਬੀ ਜਗੀਰ ਕੌਰ ਦੇ ਸਾਹਮਣੇ ਸਿਰ ਝੁਕਾਇਆ ਪਰ ਫਿਰ ਬਾਅਦ ਵਿਚ ਉਹ ਤੁਰਨ ਲੱਗੇ ਤਾਂ ਚੰਨੀ ਨੇ ਜਗੀਰ ਕੌਰ ਦੀ ਠੋਡੀ ‘ਤੇ ਹੱਥ ਲਗਾ ਕੇ ਮਜ਼ਾਕ ਕਰਨ ਦੀ ਕੋਸ਼ਿਸ਼ ਕੀਤੀ।
ਹਾਲਾਂਕਿ ਵੀਡੀਓ ਦੇ ਵਾਇਰਲ ਹੁੰਦੇ ਹੀ ਚੰਨੀ ਨੇ ਸ਼ਨੀਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਮਾਮਾਲ ਸਪਸ਼ਟ ਕੀਤਾ। ਵੀਡੀਓ ਚ ਚੰਨੀ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਉਹ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ ਵਾਂਗ ਮੰਨਦੇ ਹਨ ਅਤੇ ਉਨ੍ਹਾਂ ਦੇ ਸਨਮਾਨ ਦੇ ਕਾਰਣ, ਮੇਰਾ ਉਨ੍ਹਾਂ ਪ੍ਰਤੀ ਸਨੇਹ ਸੀ। ਚੰਨੀ ਨੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਮੈਂ ਬੀਬੀ ਜਗੀਰ ਕੌਰ ਨੂੰ ਵੱਡੀ ਭੈਣ ਵਾਂਗ ਝੁਕ ਕੇ ਪ੍ਰਣਾਮ ਕੀਤਾ ਅਤੇ ਬਾਅਦ ਚ ਉਨ੍ਹਾਂ ਨਾਲ ਮਜ਼ਾਕ ਕੀਤਾ। ਬਲਕਿ ਮੈਂ ਉਨ੍ਹਾਂ ਦਾ ਹੱਥ ਆਪਣੇ ਮੱਥੇ ‘ਤੇ ਲਗਾ ਕੇ ਅਸ਼ੀਰਵਾਦ ਵੀ ਲਿਆ।