ਚੰਡੀਗੜ੍ਹ—ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ 5086 ਚੌਲ ਮਿੱਲਾਂ ਵਿੱਚੋਂ 4792 ਨੇ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਸਨ ਅਤੇ 4579 ਮਿੱਲਾਂ ਨੂੰ ਅਲਾਟਮੈਂਟ ਹੋ ਗਈ ਹੈ ,ਜੋ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਮੌਜੂਦਾ ਰਾਜ ਸਰਕਾਰ ਦਾ ਇਹ 6ਵਾਂ ਖ਼ਰੀਦ ਸੀਜ਼ਨ ਵੀ ਬਹੁਤ ਸਫ਼ਲ ਸਿੱਧ ਹੋਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਸੂਬੇ ਨੂੰ 185 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਲਿਆ ਹੈ ਅਤੇ ਰਾਜ ਸਰਕਾਰ ਨੇ 190 ਲੱਖ ਮੀਟਰਕ ਟਨ ਦੀ ਖ਼ਰੀਦ ਲਈ ਬਾਰਦਾਨੇ ਅਤੇ ਮੁਦਰਾ ਦੇ ਰੂਪ ਵਿੱਚ ਮੁਕੰਮਲ ਪ੍ਰਬੰਧ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੇਂਦਰ ਸਰਕਾਰ ਨੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ’ਤੇ ‘ਮੁੱਲ- ਕਟੌਤੀ’ ਕੀਤੀ ਸੀ, ਪਰ ਪੰਜਾਬ ਸਰਕਾਰ ਨੇ 190 ਕਰੋੜ ਰੁਪਏ ਕਿਸਾਨਾਂ ਨੂੰ ਆਪਣੀ ਜੇਬ ਵਿੱਚੋਂ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਕੋਈ ਆਰਥਿਕ ਨੁਕਸਾਨ ਨਾ ਹੋਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।