ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬਡਿੰਗ ਅਤੇ ਸਿੱਧੂ ਮੂਸੇਂਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਰੋਪੜ ਪਹੁੰਚੇ ਜਿੱਥੇ ਉਨ੍ਹਾਂ ਨੇ ਰੋਪੜ ’ਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਵੱਲੋਂ ਕਰਵਾਏ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਰੋਡ ਸ਼ੋਅ ਤੋਂ ਬਾਅਦ ਵਿਜੇ ਇੰਦਰ ਸਿੰਗਲਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਭਾਜਪਾ ਦੀਆਂ ਸਰਕਾਰਾਂ ਦੇਖ ਚੁੱਕੇ ਹਨ। ਅੱਜ ਦੇਸ਼ ਵਿਚ ਮਹਿੰਗਾਈ, ਨਸ਼ੇ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ ਸਗੋਂ ਇਕ-ਦੂਜੇ ਨੂੰ ਕੋਸਿਆ ਜਾ ਰਿਹਾ ਅਤੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਲਹਿਰ ਚੱਲ ਰਹੀ ਹੈ ਅਤੇ ਦੇਸ਼ ਵਿੱਚ ਕਾਂਗਰਸ ਪਾਰਟੀ ਹੀ ਇੱਕ ਵਧੀਆ ਵਿਕਲਪ ਹੈ। ਕੇਜਰੀਵਾਲ ਅਤੇ ਭਗਵੰਤ ਮਾਨ ਗਾਰੰਟੀ ਦੇ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਪਿਛਲੀਆਂ ਚੌਣਾਂ ਦੌਰਾਨ ਆਪ ਵੱਲੋਂ ਕੀਤੇ ਗਏ ਵਾਅਦੇ ਜਨਤਾ ਨੂੰ ਗਿਣਵਾਏ। ਰਾਜਾ ਵੜਿੰਗ ਨੇ ਕਿਹਾ ਕਿ ਔਰਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਮਹੀਨੇ ਦੇ 1000 ਰੁਪਏ ਅਜੇ ਤੱਕ ਨਹੀਂ ਦਿੱਤੇ ਗਏ।
ਇਸ ਤੋਂ ਇਲਾਵਾ ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਸੂਬੇ ਅਤੇ ਦੇਸ਼ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਜੇਲ੍ਹ ਮੰਤਰੀ ਹਨ ਅਤੇ ਜੇਲ੍ਹਾਂ ਦੇ ਹਾਲਾਤ ਅਜਿਹੇ ਨੇ, ਕਿ ਕੈਦੀਆਂ ਨੂੰ ਸ਼ਰਮਸਾਰ ਹੋਣਾ ਪੈ ਰਿਹਾ ਹੈ, ਇਸ ਦੇ ਨਾਲ ਹੀ ਜੇਲ੍ਹ ’ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਬਲਕੌਰ ਸਿੰਘ ਨੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਉਹ ਵਾਰ-ਵਾਰ ਲਾਰੈਂਸ ਵਿਸ਼ਨੋਈ ਦੀ ਵੀਡੀਓ ਬਾਰੇ ਬੋਲ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ।