ਚੰਡੀਗੜ੍ਹ–ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।
ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ ਤਾਂ ਕਿ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਾਰਜ ਰਾਹੀਂ ਸੂਬਾ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।