ਮੋਗਾ–: ਅਗਾਮੀ ਧੁੰਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਮੋਗਾ ਵਿਚ ਟ੍ਰੈਫਿਕ ਪ੍ਰਬੰਧਨ ਵਿਚ ਸੁਧਾਰ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਜਿਸ ਅਧੀਨ ਜਿੱਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਵਾਲਿਆਂ ਉੱਤੇ ਸਖ਼ਤੀ ਕੀਤੀ ਜਾਵੇਗੀ ਉਥੇ ਹੀ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਉਪਰਾਲੇ ਕੀਤੇ ਜਾਣਗੇ। ਇਹ ਫੈਸਲਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿਚ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਇਸ ਮੀਟਿੰਗ ਵਿਚ ਪੰਜਾਬ ਰਾਜ ਰੋਡ ਸੇਫਟੀ ਕੌਂਸਲ ਦੇ ਸੰਯੁਕਤ ਨਿਰਦੇਸ਼ਕ (ਟ੍ਰੈਫਿਕ) ਦੇਸ ਰਾਜ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜੋ ਵੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਸ ਉੱਤੇ ਸਖ਼ਤੀ ਕੀਤੀ ਜਾਵੇ ਅਤੇ ਟ੍ਰੈਫਿਕ ਪ੍ਰਬੰਧਨ ਸੁਚਾਰੂ ਬਨਾਉਣ ਲਈ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਲਈ ਉਪਰਾਲੇ ਕੀਤੇ ਜਾਣ।