ਲਖਨਊ/ਝਾਂਸੀ- ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਨਵਜੰਮੇ ਬੱਚਿਆਂ ਦੀ ਮੌਤ ਹੋਣ ਤੋਂ ਕੁਝ ਘੰਟੇ ਬਾਅਦ, ਸੂਬਾ ਸਰਕਾਰ ਨੇ ਸ਼ਨੀਵਾਰ ਨੂੰ ਮ੍ਰਿਤਕਾਂ ਦੇ ਮਾਪਿਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸ਼ਨੀਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਝਾਂਸੀ ਮੈਡੀਕਲ ਕਾਲਜ ਦੇ NICU ਵਿਚ ਵਾਪਰੀ ਘਟਨਾ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਬਿਆਨ ‘ਚ ਕਿਹਾ ਗਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਇਸ ਘਟਨਾ ਵਿਚ ਬੇਵਕਤੀ ਮੌਤ ਹੋਣ ਵਾਲੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਦੇਰ ਰਾਤ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਅਤੇ ਪ੍ਰਮੁੱਖ ਸਕੱਤਰ ਸਿਹਤ ਨੂੰ ਮੌਕੇ ‘ਤੇ ਭੇਜਿਆ। ਇਸ ਵਿਚ ਦੱਸਿਆ ਕਿ ਮੁੱਖ ਮੰਤਰੀ ਸਾਰੀ ਰਾਤ ਘਟਨਾ ਤੋਂ ਹਰ ਪਲ ਦੀ ਜਾਣਕਾਰੀ ਲੈਂਦੇ ਰਹੇ।