ਚੰਡੀਗੜ੍ਹ/ਪਟਿਆਲਾ – ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਕਿਸਾਨ ਆਗੂ ਅਣਮਿੱਥੇ ਸਮੇਂ ਲਈ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਲਈ ਬੈਠਣਗੇ। ਐੱਮ. ਐੱਸ. ਪੀ. ਦੀ ਲੀਗਲ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ ‘ਤੇ ਬੈਠਣਗੇ।
ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ ਅਤੇ ਉਸ ਦਿਨ ਹੀ ਦੂਜਾ ਕਿਸਾਨ ਆਗੂ ਭੁੱਖ ਹੜਤਾਲ ’ਤੇ ਬੈਠ ਜਾਵੇ ਅਤੇ ਉਨ੍ਹਾਂ ਦਾ ਸਰੀਰ ਉਥੇ ਰੱਖ ਕੇ ਅੰਦੋਲਨ ਜਾਰੀ ਰੱਖਿਆ ਜਾਵੇ ਅਤੇ ਇਹ ਲੜੀ ਇੰਝ ਹੀ ਚੱਲਦੀ ਰਹੇਗੀ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਤੇ ਖਾਦ ਤੇ ਫ਼ਸਲ ਦੀ ਖ਼ਰੀਦ ਵਿੱਚ ਪਾਰਦਰਸ਼ਤਾ ਸਮੇਤ ਉਨ੍ਹਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਾਰ-ਵਾਰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇ ਮਰਨ ਵਰਤ ਦੌਰਾਨ ਡੱਲੇਵਾਲ ਦੀ ਮੌਤ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਤੇ ਸੂਬਾ ਸਰਕਾਰਾਂ ਦੀ ਹੋਵੇਗੀ। ਇਸ ਦੇ ਨਾਲ ਹੀ ਇਸ ਅੰਦੋਲਨ ਨੂੰ ਜਾਰੀ ਰੱਖਣ ਲਈ ਹੋਰ ਕਿਸਾਨ ਆਗੂ ਮਰਨ ਵਰਤ ਦੀ ਅਗਵਾਈ ਕਰਨਗੇ। 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਨੌਰੀ ਬਾਰਡਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 18 ਨਵੰਬਰ ਨੂੰ ਇਕ ਹੋਰ ਪ੍ਰੈਸ ਕਾਨਫ਼ਰੰਸ ਕਰਕੇ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।