ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ 10031 ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ 8 ਨਵੰਬਰ ਨੂੰ ਹੋਏ ਸਮਾਰੋਹ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਸੀ।