ਹੁਸ਼ਿਆਰਪੁਰ -ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਹੁਣ ਤੱਕ ਹੋਏ 14 ਰਾਊਂਡਾਂ ਦੇ ਰੁਝਾਣਾਂ ਵਿਚ ਹਲਕਾ ਚੱਬੇਵਾਲ ‘ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28337 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸ਼ਾਂਕ ਕੁਮਾਰ ਚੱਬੇਵਾਲ ਨੂੰ ਹੁਣ ਤੱਕ 50278 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ‘ਤੇ ਰਹੇ ਹਨ ਅਤੇ 21941 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8209 ਵੋਟਾਂ ਪਈਆਂ ਹਨ।
ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਬਣਾਇਆ ਗਿਆ ਹੈ। ਇਥੇ ਵੱਖ-ਵੱਖ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜਾਇਜ਼ਾ ਲਿਆ ਸੀ। ਗਿਣਤੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਵਿਚ ਕੀਤੀ ਜਾ ਰਹੀ ਹੈ।
ਐੱਸ. ਐੱਸ. ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਲੇ 3 ਪਰਤੀ ਸੁਰੱਖਿਆ ਕਾਇਮ ਕੀਤੀ ਗਈ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹਿਣਗੇ। ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 6 ਉਮੀਦਵਾਰ ਚੋਣ ਮੈਦਾਨ ’ਚ ਹਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ 15 ਰਾਊਂਡਾਂ ’ਚ ਹੋਵੇਗੀ।