ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ ਦੇ ਤਿੰਨ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਬੀਤੀ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ ਸੀ। ਜਿਸ ਤੋਂ ਕੁਝ ਦਿਨਾਂ ਬਾਅਦ ਇੱਕ ਵਾਰ ਫਿਰ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ‘ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ। ਇਸ ਤੋਂ ਬਾਅਦ ਇਹ ਖ਼ਾਲਿਸਤਾਨ ਪੱਖੀ ਨਾਅਰੇ ਲਿਖਵਾਉਣ ਦੀ ਜ਼ਿੰਮੇਵਾਰੀ ਨਿਊਯਾਰਕ ਅਧਾਰਿਤ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਦੀ ਪੁਸ਼ਟੀ ਕੀਤੀ ਸੀ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਹਿਲਾ ਮੁਲਜ਼ਮ ਐੱਸਐੱਫਜੇ ਦਾ ਮੁੱਖ ਸੰਚਾਲਕ ਹੈ, ਜੋ ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ ‘ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ। ਇਸ ਤੋਂ ਇਲਾਵਾ ਤੀਜਾ ਮੁਲਜ਼ਮ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਤੋਂ ਹੈ ਜਿਸਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ ‘ਤੇ ਗਰੈਫਿਟੀ ਲਿਖਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਸਬੰਧੀ ਹੋਰ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ। ਜੇਲ੍ਹ ਤੋਂ ਬਾਹਰ ਆਉਣ ਉਪਰੰਤ ਵੀ ਇਹ ਦੋਵੇਂ ਸੰਪਰਕ ਵਿੱਚ ਰਹੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਹਿਚਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਪੈਸਿਆਂ ਬਦਲੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ।