ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਨਾਮਜ਼ਦਗੀ ਦੇ ਆਖਰੀ ਦਿਨ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਨਾਮਜ਼ਦਗੀ ਭਰਨ ਉਪਰੰਤ ਭਾਜਪਾ ਵਰਕਰਾਂ ਨੇ ਡਾ. ਸੁਭਾਸ਼ ਸ਼ਰਮਾ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵਿਰੋਧੀ ਧਿਰ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਬੇਤੁਕੇ ਬਿਆਨ ਦੇਣ ਦੇ ਦੋਸ਼ ਲਗਾਏ ਤੇ ਕਿਹਾ ਕਿ ਰਾਹੁਲ ਗਾਂਧੀ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲੈਦਾ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਗਾਲ੍ਹਾਂ ਕੱਢ ਰਹੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਸ਼ਿਸ਼ਟਾਚਾਰ ਭੁੱਲ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨੇਤਾਵਾਂ ਨੇ ਇੱਕ ਵਿਰ ਦਾਅਵਾ ਕਰਦਿਆਂ ਹੋਏ ਅੱਜ ਦੀ ਭੀੜ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦਾ ਹਰ ਨਾਗਰਿਕ ਪ੍ਰਧਾਨ ਮੰਤਰੀ ਮੋਦੀ ਦੀ ਵਿਕਾਸ ਦੀ ਰਾਜਨੀਤੀ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਦੇਸ਼ ਨੂੰ ਵਿਕਸਤ ਭਾਰਤ ਬਣਾਉਣ ਦੇ ਸੰਕਲਪ ਲਈ ਪੱਕਾ ਹੈ।
ਇਸ ਦੌਰਾਨ ਡਾ. ਸੁਭਾਸ਼ ਸ਼ਰਮਾ ਨੇ ਵੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਸ਼ ‘ਚ ਮੋਦੀ ਦੀ ਲਹਿਰ ਚੱਲ ਰਹੀ ਹੈ, ਪੰਜਾਬ ‘ਚ ਉਹ ਲਹਿਰ ਹੋਰ ਵੀ ਤੇਜ਼ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਜ਼ਿਕਰ ਕਰਦਿਆਂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸਾਨ ਵੀ ਸਾਡਾ ਸਾਥ ਦੇ ਰਹੇ ਹਨ ਅਤੇ ਸਾਡੀ ਗੱਲ ਧਿਆਨ ਨਾਲ ਸੁਣ ਰਹੇ ਹਨ। ਇਸ ਤੋਂ ਇਲਾਵਾ ਡਾ. ਸੁਭਾਸ਼ ਸ਼ਰਮਾ ਨੇ ਦੁਹਰਾਇਆ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਮੁੱਦਿਆਂ, ਭਾਵੇਂ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨਾ, ਇੱਥੇ ਵੱਡੀਆਂ ਸਨਅਤਾਂ ਲਿਆਉਣ ਜਾਂ ਮੋਹਾਲੀ ਨੂੰ ਬੈਂਗਲੁਰੂ ਦਾ ਆਈ.ਟੀ. ਹੱਬ ਬਣਾਉਣ ਦੇ ਮੁੱਦੇ ‘ਤੇ ਜਨਤਾ ਦੇ ਵਿਚਕਾਰ ਜਾ ਰਹੇ ਹਨ। ਉਹ ਹਰ ਉਸ ਮੁੱਦੇ ‘ਤੇ ਗੱਲ ਕਰਨਗੇ ਜੋ ਇਸ ਲੋਕ ਸਭਾ ਹਲਕੇ ਨਾਲ ਸਬੰਧਤ ਹੈ।