ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ ਕਿ ਭਾਜਪਾ ਹੁਣ ਵੋਟ ਸੂਚੀ ਵਿੱਚ ਬੇਨਿਯਮੀਆਂ ਕਰਕੇ ਦਿੱਲੀ ’ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਮੁੱਖ ਮੰਤਰੀ ਮੁਤਾਬਕ ਅਧਿਕਾਰੀਆਂ ਨੂੰ ਦਿੱਲੀ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ 20 ਹਜ਼ਾਰ ਵੋਟਰਾਂ ਦੇ ਨਾਂ ਮਿਟਾਉਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਦੇ ਇਸ ਖ਼ੁਲਾਸੇ ਤੋਂ ਬਾਅਦ ਦਿੱਲੀ ਦੇ ਸਿਆਸੀ ਗਲਿਆਰਿਆਂ ‘ਚ ਹਲਚਲ ਤੇਜ਼ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਭਾਜਪਾ ‘ਤੇ ਅਜਿਹੇ ਦੋਸ਼ ਲੱਗ ਰਹੇ ਹਨ ਕਿ ਉਹ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਅਨੈਤਿਕ ਹੱਥਕੰਡੇ ਅਪਣਾ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਹੈ ਕਿ ਬੀ.ਐਲ.ਓ (ਬੂਥ ਲੈਵਲ ਅਫ਼ਸਰ) ‘ਤੇ ਨਾਂਅ ਮਿਟਾਉਣ ਲਈ ਭਾਰੀ ਦਬਾਅ ਪਾਇਆ ਜਾ ਰਿਹਾ ਹੈ। ਆਤਿਸ਼ੀ ਨੇ ਦੋਸ਼ ਲਾਇਆ ਕਿ ‘ਆਪ’ ਵੋਟਰਾਂ ਦੇ ਨਾਂਅ ਮਿਟਾਉਣ ਲਈ ਦਿੱਲੀ ‘ਚ ਅਧਿਕਾਰੀਆਂ ਨੂੰ ਸੂਚੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਡੀਐਮ ਨੇ ਆਪਣੇ ਅਧੀਨ ਹਰ ਵਿਧਾਨ ਸਭਾ ਹਲਕੇ ਵਿੱਚ 20 ਹਜ਼ਾਰ ਵੋਟਰਾਂ ਦੇ ਨਾਂਅ ਮਿਟਾਉਣ ਲਈ ਕਿਹਾ ਹੈ। ਆਤਿਸ਼ੀ ਨੇ ਦੱਸਿਆ ਕਿ ਕਈ ਬੀ.ਐਲ.ਓਜ਼ ਨੇ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਆਤਿਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਲੋਕਾਂ ਲਈ ਵੱਡੀ ਸਾਜ਼ਿਸ਼ ਰਚ ਰਹੀ ਹੈ। ਕੇਂਦਰ ਸਰਕਾਰ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਗ਼ਲਤ ਤਰੀਕੇ ਨਾਲ ਜਿੱਤਣ ਦੀ ਕੋਸ਼ਿਸ਼ ਵਿੱਚ ਲੋਕਤੰਤਰ ਦਾ ਘਾਣ ਕਰਨ ਲਈ ਤਿਆਰ ਹੈ। ਵੱਡੇ ਪੱਧਰ ‘ਤੇ ਸਰਕਾਰੀ ਤੰਤਰ ਰਾਹੀਂ ਕੇਂਦਰ ਸਰਕਾਰ ਦਿੱਲੀ ਵਾਸੀਆਂ ਦੀਆਂ ਵੋਟਾਂ ਕੱਟਣ ਦਾ ਕੰਮ ਸ਼ੁਰੂ ਕਰ ਰਹੀ ਹੈ। ਇਹ ਪੜਾਅਵਾਰ ਕੀਤਾ ਜਾ ਰਿਹਾ ਹੈ। ਇਸ ਦਾ ਪਹਿਲਾ ਕਦਮ 28 ਅਕਤੂਬਰ ਨੂੰ ਦਿੱਲੀ ਵਿੱਚ 29 ਐਸਡੀਐਮਜ਼ ਦੇ ਤਬਾਦਲੇ ਦਾ ਹੁਕਮ ਸੀ, ਜੋ ਕੇਂਦਰ ਸਰਕਾਰ ਅਤੇ ਐਲਜੀ ਦੇ ਹੱਥ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤਬਾਦਲੇ ਤੋਂ ਬਾਅਦ ਅਧਿਕਾਰੀਆਂ ਨੂੰ ਵੱਡੇ ਪੱਧਰ ‘ਤੇ ਵੋਟਾਂ ਕੱਟਣ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਦੇ ਵੱਖ-ਵੱਖ ਹਿੱਸਿਆਂ ਤੋਂ ਕਈ ਬੀ.ਐਲ.ਓਜ਼ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ‘ਤੇ ਵੋਟਾਂ ਰੋਕਣ ਲਈ ਦਬਾਅ ਪਾਇਆ ਜਾ ਰਿਹਾ ਹੈ। ਆਤਿਸ਼ੀ ਨੇ ਕਿਹਾ ਕਿ ਇੱਕ ਡੀਐਮ ਦੇ ਕਾਰਜ ਖੇਤਰ ਵਿੱਚ ਸੱਤ ਵਿਧਾਨ ਸਭਾ ਸੀਟਾਂ ਹਨ, ਉਨ੍ਹਾਂ ਨੇ ਆਪਣੇ ਹਰੇਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਏ.ਈ.ਆਰ.ਓ.) ਨੂੰ 20 ਹਜ਼ਾਰ ਵੋਟਰਾਂ ਦੀ ਸੂਚੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਨਾਂਅ ਮਿਟਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸੂਚੀ ਕੇਂਦਰ ਸਰਕਾਰ ਵੱਲੋਂ ਪਾਰਟੀ ਰਾਹੀਂ ਇਕੱਠੀ ਕਰਕੇ ‘ਆਮ ਆਦਮੀ ਪਾਰਟੀ’ ਦੇ ਸਾਰੇ ਵੋਟਰਾਂ ਦੀ ਸੂਚੀ ਬਣਾਈ ਗਈ ਹੈ। ਜਿਹੜੇ ਵੋਟਰ ਆਮ ਆਦਮੀ ਪਾਰਟੀ ਦੇ ਵੋਟਰ ਹਨ, ਉਨ੍ਹਾਂ ਦੇ ਨਾਂਅ ਦਿੱਤੇ ਜਾਣਗੇ, ਬੀ.ਐਲ.ਓ ਨੇ ਵੋਟਰ ਸੂਚੀ ਵਿੱਚੋਂ ਉਨ੍ਹਾਂ ਦੇ ਨਾਮ ਮਿਟਾਉਣੇ ਹਨ। ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਨਵੇਂ ਵੋਟਰ ਨਾ ਬਣਾਉਣ। ਸਰਕਾਰੀ ਤੰਤਰ ਵੱਲੋਂ ਬੀ.ਐਲ.ਓਜ਼ ਨੂੰ ਇਹ ਹੁਕਮ ਦਿੱਤੇ ਜਾ ਰਹੇ ਹਨ, ਕਿਉਂਕਿ ਭਾਜਪਾ ਨੂੰ ਪਤਾ ਹੈ ਕਿ ਉਹ ਚੋਣਾਂ ਹਾਰ ਰਹੀ ਹੈ। ਕੇਂਦਰ ਸਰਕਾਰ ਕੋਲ ਸੱਤਾ ਦੀ ਦੁਰਵਰਤੋਂ ਤੋਂ ਇਲਾਵਾ ਚੋਣਾਂ ਜਿੱਤਣ ਦਾ ਕੋਈ ਰਾਹ ਨਹੀਂ ਹੈ।
ਅਸੀਂ ਸਮਝਦੇ ਹਾਂ ਕਿ ਜੇਕਰ ਦਿੱਲੀ ਦੀ ਮੁੱਖ ਮੰਤਰੀ ਤੇ ਇਹ ਦੋਸ਼ ਸਹੀ ਹਨ ਤਾਂ ਭਾਰਤੀ ਜਨਤਾ ਪਾਰਟੀ ਦਾ ਇਹ ਕਦਮ ਲੋਕਤੰਤਰ ਵਿਰੋਧੀ ਹੈ ਅਤੇ ਕੇਂਦਰ ਸਰਕਾਰ ਨੂੰ ਇਹਨਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਾਉਣ ਦੀ ਲੋੜ ਹੈ ਤਾਂ ਜੋ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਤੇ ਸਾਫ ਕੋਈ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਜਦੋਂ ਤੱਕ ਇਸ ਬਾਰੇ ਨਿਰਪੱਖ ਜਾਂਚ ਨਹੀਂ ਹੋ ਜਾਂਦੀ ਉਦੋਂ ਤੱਕ ਚੋਣ ਕਰਾਉਣੀ ਕਿਸੇ ਤਰਹਾਂ ਦੀ ਲੋਕਤੰਤਰਿਕ ਪ੍ਰਣਾਲੀ ਦੇ ਹਿੱਤ ਵਿੱਚ ਨਹੀਂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਨੇ ਇਹ ਦੋਸ਼ ਉਸ ਮੌਕੇ ਲਾਏ ਹਨ ਜਦੋਂ ਦੇਸ਼ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਨੂੰ ਯਾਦ ਕਰ ਰਿਹਾ ਹੈ ਅਤੇ ਸੰਵਿਧਾਨ ਨੂੰ ਮਿਟਾਉਣ ਦੇ ਖਤਰਿਆਂ ਬਾਰੇ ਪੂਰੇ ਦੇਸ਼ ਵਿੱਚ ਚਿੰਤਾ ਪ੍ਰਗਟਾਈ ਜਾ ਰਹੀ ਹੈ।