ਮੋਗਾ: ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਵਿਸ਼ੇਸ਼ ਤੌਰ ’ਤੇ ਮੋਗਾ ਪਹੁੰਚੇ। ਉਨ੍ਹਾਂ ਨੇ ਮੋਗਾ ਦੇ ਕੋਟਕਪੂਰਾ ਰੋਡ, ਨੇੜੇ ਵੇਰਕਾ ਪਾਰਕ ਸਥਿਤ ਰਾਧਾ ਸਵਾਮੀ ਡੇਰੇ ਵਿਖੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਜਦੋਂ ਮੋਗਾ ਵਾਸੀਆਂ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਡੇਰੇ ਪਹੁੰਚਣ ਦੀ ਖ਼ਬਰ ਮਿਲੀ ਤਾਂ ਉਥੇ ਸੰਗਤ ਦਾ ਭਾਰੀ ਇਕੱਠ ਹੋ ਗਿਆ। ਇੱਥੇ ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਮੋਗਾ ਆਗਮਨ ’ਤੇ ਮੋਗਾ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਵੀ ਸੰਗਤਾਂ ਭਾਰੀ ਗਿਣਤੀ ਵਿਚ ਪਹੁੰਚੀਆਂ।
ਦੱਸਣਯੋਗ ਹੈ ਕਿ ਤਿੰਨ ਵਾਰ ਵਿਧਾਇਕ ਰਹੇ ਜੋਗਿੰਦਰ ਪਾਲ ਜੈਨ ਦੀ ਅੰਤਿਮ ਅਰਦਾਸ ਅੱਜ ਮੋਗਾ ਦੇ ਮੈਜੇਸਟਿਕ ਰਿਜ਼ੋਰਟ ‘ਚ ਕੀਤੀ ਗਈ, ਜਿਸ ‘ਚ ਵਿਸ਼ੇਸ਼ ਤੌਰ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਪਹੁੰਚੇ ਅਤੇ ਜੈਨ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਭਾਜਪਾ ਆਗੂ ਅਨਿਲ ਸਰੀਨ ਵੀ ਮੌਜੂਦ ਸਨ। ਇਸ ਦੁੱਖ ਦੀ ਘੜੀ ਵਿਚ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸਾਬਕਾ ਵਿਧਾਇਕ ਹਰਜੀਤ ਕਮਲ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਵੀ ਸ਼ਿਰਕਤ ਕੀਤੀ।