ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੇ ਮਾਮਲੇ ਚ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਦਰਅਸਲ ਦਿੱਲੀ ਦੀ ਅਦਾਲਤ ਨੇ ਮਨੀਸ਼ ਸਿਸੋਦੀਆਂ ਦੀ ਨਿਆਂਇਕ ਹਿਰਾਸਤ 30 ਮਈ ਤੱਕ ਵਧਾ ਦਿੱਤੀ ਹੈ। ਸੀ.ਬੀ.ਆਈ. ਅਤੇ ਈ.ਡੀ. ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਥਿਤ ਆਬਕਾਰੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰਨ ਲਈ ਹੋਰ ਸੁਣਵਾਈ ਲਈ 30 ਮਈ ਦੀ ਤਰੀਕ ਤੈਅ ਕੀਤੀ ਹੈ। ਇਸ ਦੇ ਨਾਲ ਹੀ ਜੱਜ ਨੇ ਕਿਹਾ ਕਿ ਇਲਜ਼ਾਮਾਂ ‘ਤੇ ਬਹਿਸ ਕਰਨ ਲਈ ਇਕ ਅਰਜ਼ੀ ਵੀ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।
ਜਿਕਰਯੋਗ ਐ ਕਿ ਮਨੀਸ਼ ਸਿਸੋਦੀਆ ਅਤੇ ਹਿਰਾਸਤ ਵਿੱਚ ਹੋਰ ਮੁਲਜ਼ਮਾਂ ਨੂੰ ਅੱਜ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ 30 ਅਪ੍ਰੈਲ ਨੂੰ ਕਥਿਤ ਘੁਟਾਲੇ ਦੇ ਸਬੰਧ ਵਿੱਚ ਸੀ.ਬੀ.ਆਈ. ਅਤੇ ਈ.ਡੀ. ਦੁਆਰਾ ਦਰਜ਼ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਹੁਣ ਇਸ ਵਾਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।