ਅੰਮ੍ਰਿਤਸਰ : ਅੱਜ ਦਾ ਦਿਨ ਪੰਜਾਬ ਦੀ ਸਿਆਸਤ ਤੇ ਸਿੱਖ ਪੰਥ ਲਈ ਬਹੁਤ ਅਹਿਮ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਅੱਜ ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ। ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ’ਚ ਸ਼ਾਮਲ ਰਹੇ ਤਿੰਨ ਜਥੇਦਾਰ ਵੀ ਆਪਣਾ ਸਪਸ਼ਟੀਕਰਨ ਦੇਣਗੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਤਨਖ਼ਾਹ ਸੁਣਾਈ ਜਾਵੇਗੀ।
ਇਸ ਮੌਕੇ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋਵੇ ਇਸ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਪਹਿਲਾਂ ਹੀ ਸਾਰੇ ਆਗੂਆਂ ਨੂੰ ਆਖ਼ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੇਸ਼ ਹੋਣ ਦੌਰਾਨ ਉਨ੍ਹਾਂ ਦੇ ਹਮਾਇਤੀਆਂ ਨੇ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ-ਮਰਿਆਦਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ। ਜ਼ਿਕਰਯੋਗ ਹੈ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੀ ਇਕੱਤਰਤਾ ’ਚ ਚਰਚਾ ਤੋਂ ਬਾਅਦ ਸ੍ਰੀ ਅਕਲ ਤਖਤ ਸਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਇਸ ਲਈ ਤਨਖ਼ਾਹੀਆ ਕਰਾਰ ਦਿੱਤਾ ਸੀ। ਉਨ੍ਹਾਂ ’ਤੇ ਦੋਸ਼ ਸਨ ਕਿ ਬਤੌਰ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਦੇ ਤੌਰ ’ਤੇ ਕੁਝ ਅਜਿਹੇ ਫ਼ੈਸਲੇ ਲਏ ਸਨ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਸੀ।