ਬਟਾਲਾ ––ਸ਼ਹਿਰ ਅੰਦਰ ਸਫਾਈ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਬਟਾਲਾ ’ਚ ਕੰਮ ਕਰਦੇ ਸਫਾਈ ਸੇਵਕਾਂ ਦੀਆਂ ਡਿਊਟੀਆਂ ਸਬੰਧੀ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਜਿਥੇ ਇਨ੍ਹਾਂ ਸਫਾਈ ਸੇਵਕਾਂ ਦੀ ਚੈਕਿੰਗ ਕੀਤੀ ਗਈ, ਉੱਥੇ ਨਾਲ ਹੀ ਸਫਾਈ ਸੇਵਕਾਂ ਦੇ ਨਾਲ ਮੀਟਿੰਗ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਦੇ ਅੰਦਰ ਸਫਾਈ ਦੇ ਕਾਰਜਾਂ ਨੂੰ ਲੈ ਕੇ ਡਿਊਟੀ ’ਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਸਫਾਈ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਸ਼ਹਿਰ ਦੀ ਸਾਫ ਸਫਾਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਪੰਜਾਬ ਸਰਕਾਰ ਵੱਲੋਂ ਇਕ ਖੂਬਸੂਰਤ ਸ਼ਹਿਰ ਬਣਾਇਆ ਜਾ ਰਿਹਾ ਹੈ, ਜਿਸ ’ਚ ਸਫਾਈ ਵਿਵਸਥਾ ਠੀਕ ਹੋਣੀ ਜ਼ਰੂਰੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਸੀ ਕਿ ਕੁਝ ਕਰਮਚਾਰੀ ਆਪਣੀ ਡਿਊਟੀ ਠੀਕ ਢੰਗ ਦੇ ਨਾਲ ਨਹੀਂ ਨਿਭਾ ਰਹੇ, ਜਿਸ ਦੇ ਚਲਦਿਆਂ ਜਿਥੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਨਾਲ ਹੀ ਸਫਾਈ ਕਰਮਚਾਰੀਆਂ ਨੂੰ ਵੀ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਈਮਾਨਦਾਰੀ ਅਤੇ ਲਗਨ ਦੇ ਨਾਲ ਨਿਭਾਉਣ।