ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਵਿਖੇ ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਅੱਜ ਇਕੱਤਰਤਾ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ।
ਉਥੇ ਹੀ ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਬਾਰੇ ਟਿੱਪਣੀ ਕਰਦੇ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਗਿਆਨੀ ਗੁਰਮੁਖ ਸਿੰਘ ਦੀ ਨਿਯੁਕਤੀ ਅੰਮ੍ਰਿਤਸਰ ਸਾਹਿਬ ਤੋਂ ਕਿਤੇ ਬਾਹਰ ਕੀਤੀ ਜਾਵੇ। ਜਨਤਕ ਸਮਾਗਮਾਂ ਵਿਚ ਬੋਲਣ ਨੂੰ ਲੈ ਕੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ‘ਤੇ ਰੋਕ ਲਾਈ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨਾਂ ਵੱਲੋਂ SGPC ਨੂੰ ਆਦੇਸ਼ ਦਿੱਤੇ ਗਏ ਹਨ। ਇਹ ਫ਼ੈਸਲਾ ਕੱਲ੍ਹ ਭਾਵ 3 ਦਸੰਬਰ ਦੁਪਹਿਰ 12 ਵਜੇ ਤੱਕ ਲਾਗੂ ਕੀਤਾ ਜਾਵੇ। ਜਦੋਂ ਤੱਕ ਉਹ ਇਸੇ ਤਰੀਕੇ ਨਾਲ ਆ ਕੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਦੀ ਨਿਯੁਕਤੀ ਅੰਮ੍ਰਿਤਸਰ ਸਾਹਿਬ ਤੋਂ ਬਾਹਰ ਹੀ ਕੀਤੀ ਜਾਵੇਗੀ।