ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ/ਪਟਿਆਲਾ)- ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (PRTC) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਨੇੜਲੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਨਾ ਕਰਨ ਜਾ ਰਹੀ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤਕ ਮੁਕੰਮਲ ਕਰ ਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ।