ਬਟਾਲਾ – ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ, 14 ਮੈਗਾਵਾਟ ਦੇ ਕੋ-ਜਨਰੇਸ਼ਨ ਪ੍ਰੋਜੈਕਟ ਅਤੇ 100 ਟੀ.ਪੀ.ਡੀ. ਸਮਰੱਥਾ ਦੇ ਬਾਇਓ ਸੀ.ਐੱਨ.ਜੀ. ਪਲਾਂਟ ਦਾ ਉਦਘਾਟਨ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਟਾਲਾ ਦੀ ਇਸ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪ੍ਰੋਜੈਕਟ ਲੱਗਣ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਹੁਣ ਕਿਸਾਨਾਂ ਨੂੰ ਆਪਣਾ ਗੰਨਾ ਦੂਰ ਦੀਆਂ ਮਿੱਲਾਂ ‘ਚ ਨਹੀਂ ਲਿਜਾਣਾ ਪਵੇਗਾ, ਇਲਾਕੇ ‘ਚ ਹੀ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ ‘ਚੋਂ ਕੱਢ ਕੇ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ।
ਇਸ ਦੌਰਾਨ ਉਨ੍ਹਾਂ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ‘ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਾਸੀ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਡਟ ਕੇ ਰਾਖੀ ਕੀਤੀ ਹੈ।