ਫ਼ਤਹਿਗੜ੍ਹ ਸਾਹਿਬ — ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਸੀ। ਇਸੇ ਤਹਿਤ ਅੱਜ ਵੀ ਸੁਖਬੀਰ ਸਿੰਘ ਬਾਦਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਸੁਖਬੀਰ ਬਾਦਲ ਗਲ਼ ਵਿਚ ਤਖ਼ਤੀ ਤੇ ਹੱਥ ਵਿਚ ਬਰਛਾ ਲੈ ਕੇ ਸੇਵਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਬੀਤੇ ਦਿਨੀਂ ਵੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਸੁਖਦੇਵ ਸਿੰਘ ਢੀਂਡਸਾ ਤੇ ਹੋਰ ਆਗੂਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਆਪੋ-ਆਪਣੀ ਸੇਵਾ ਨਿਭਾਈ ਗਈ ਸੀ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਆਪਣੀ ਸਜ਼ਾ ਦੇ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸਨ ਤਾਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ ਸੀ। ਨਾਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਸੁਖਬੀਰ ਬਾਦਲ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜ਼ਮ ਨੇ ਮੁਸਤੈਦੀ ਦਿਖਾਉਂਦਿਆਂ ਆਪਣੀ ਜਾਨ ‘ਤੇ ਖੇਡ ਕੇ ਸੁਖਬੀਰ ਬਾਦਲ ਦੀ ਜਾਨ ਬਚਾ ਲਈ ਸੀ। ਇਸ ਹਮਲੇ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਵੱਲੋਂ ਸੇਵਾ ਜਾਰੀ ਰੱਖੀ ਗਈ ਹੈ।