ਚੰਡੀਗੜ੍ਹ, 10 ਦਸੰਬਰ
ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਵਿੱਚ ਇੱਕ ਗਊਸ਼ਾਲਾ ਵਿੱਚ 20 ਗਊਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਤਣਾਅ ਪੈਦਾ ਕਰਨ ਵਾਲੀ ਹੈ। ਪਾਰਟੀ ਨੇ ਕਿਹਾ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ ਅਤੇ ਸਾਰੀ ਸੱਚਾਈ ਲੋਕਾਂ ਸਾਹਮਣੇ ਆ ਸਕੇ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸਰਕਾਰ ਵੀ ਗੰਭੀਰ ਹੈ। ਪੁਲਿਸ ਨੂੰ ਜਲਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲੀਸ ਨੇ ਘਟਨਾ ਦੇ ਤੁਰੰਤ ਬਾਅਦ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਜਲਦੀ ਹੀ ਆਪਣੇ ਸਿੱਟੇ ‘ਤੇ ਪਹੁੰਚੇਗੀ।
ਅਮਨ ਅਰੋੜਾ ਨੇ ਹਿੰਦੂ ਸੰਗਠਨਾਂ ਅਤੇ ਆਮ ਲੋਕਾਂ ਨੂੰ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪੁਲਿਸ ਜਾਂਚ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।