ਜਲੰਧਰ/ਚੰਡੀਗੜ੍ਹ –ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੀ ਬਦੌਲਤ ਆਮ ਆਦਮੀ ਪਾਰਟੀ ਸੂਬੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਇਸ ਵਾਰ ਭਾਰੀ ਬਹੁਮਤ ਨਾਲ ਜਿੱਤਣ ਜਾ ਰਹੀ ਹੈ ਅਤੇ ਉਸ ਦੇ ਲਈ ਸਾਰੇ ਮੰਤਰੀਆਂ ਨੇ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੈ ਕੇ ਜਨਤਾ ਵਿਚਕਾਰ ਜਾਣਾ ਹੈ। ਮੁੱਖ ਮੰਤਰੀ ਮੰਗਲਵਾਰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੀ ਰਣਨੀਤੀ ਤੈਅ ਕਰਨ ਲਈ ਸੱਦੀ ਗਈ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਾਰਟੀ ਅੰਦਰ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ, ਜਿਸ ਕਾਰਨ ਪਾਰਟੀ ’ਚ ਟਿਕਟ ਲੈਣ ਲਈ ਦੌੜ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਮੰਤਰੀ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ‘ਆਪ’ ਇਹ ਚੋਣਾਂ ਭਾਰੀ ਬਹੁਮਤ ਨਾਲ ਜਿੱਤਣ ਜਾ ਰਹੀ ਹੈ। ਪੰਜਾਬ ’ਚ ਪਿਛਲੇ ਪੌਣੇ 3 ਸਾਲਾਂ ’ਚ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਵਾਅਦੇ ਪੂਰੇ ਕਰਦੇ ਹੋਏ ਜਿੱਥੇ ਇਕ ਪਾਸੇ ਸਾਰੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਤਾਂ ਦੂਜੇ ਪਾਸੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੰਦੇ ਹੋਏ ਪਹਿਲੀ ਵਾਰ 50 ਹਜ਼ਾਰ ਤੋਂ ਵੱਧ ਸਰਕਾਰੀ ਅਹੁਦੇ ਭਰੇ ਗਏ ਹਨ।
ਮੁੱਖ ਮੰਤਰੀ ਨੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ। ਉਹ ਖੁਦ ਵੀ ਚੋਣ ਪ੍ਰਚਾਰ ਲਈ ਸ਼ਹਿਰਾਂ ਵਿਚ ਜਾਣਗੇ।