ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਵਿਭਾਗ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਦੁਪਹਿਰ ਦਾ ਖਾਣਾ ਨਿਰਧਾਰਿਤ ਮੀਨੂ ਅਨੁਸਾਰ ਨਹੀਂ ਤਿਆਰ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੀ ਹਾਜ਼ਰੀ ਸਮੇਂ ਸਿਰ ਅਤੇ ਐਪ ਵਿੱਚ ਦਰਜ਼ ਨਹੀਂ ਕੀਤੀ ਜਾ ਰਹੀ ਹੈ। ਇਸੇ ਕਾਰਨ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਹੇਰਾਫੇਰੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਉਨ੍ਹਾਂ ਦੀ ਹਾਜ਼ਰੀ ਅਨੁਸਾਰ ਨਿਰਧਾਰਤ ਹਫ਼ਤਾਵਾਰੀ ਮੀਨੂ ਅਨੁਸਾਰ ਦੇਣਾ, ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਵਿਭਾਗ ਨੇ ਜ਼ਿਲ੍ਹਾ ਅਤੇ ਬਲਾਕ ਦਫ਼ਤਰਾਂ ਅਧੀਨ ਕੰਮ ਕਰਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਕਰਨ ਅਤੇ ਮਹੀਨਾਵਾਰ ਰਿਪੋਰਟਾਂ ਟਿੱਪਣੀਆਂ ਸਮੇਤ ਦਫ਼ਤਰ ਨੂੰ ਭੇਜਣ। ਚੈਕਿੰਗ ਦੌਰਾਨ ਜੇਕਰ ਕਿਸੇ ਸਕੂਲ ਵਿੱਚ ਹਦਾਇਤਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ/ਮਿਡ ਡੇ ਮੀਲ ਇੰਚਾਰਜ ਦੀ ਹੋਵੇਗੀ।