ਪਟਿਆਲਾ : ਸ਼ੰਭੂ-ਖਨੌਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਸੂਬੇ ਨੂੰ ਬੰਦ ਕਰਵਾਇਆ ਜਾਵੇਗਾ। ਇਸ ਲਈ ਉਹ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕਰਦੇ ਹਨ। ਪੰਧੇਰ ਨੇ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਕਿਸਾਨ ਧਰਨੇ ‘ਤੇ ਬੈਠੇ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 22 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ। ਇਸ ਦੇ ਬਾਵਜੂਦ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੀ।
ਅੱਜ ਪੰਜਾਬ ਭਰ ਵਿਚ 12 ਤੋਂ 3 ਵਜੇ ਤਕ ਰੇਲਾਂ ਰੋਕੀਆਂ ਗਈਆਂ। 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੇ ਰੇਲ ਰੋਕੋ ਅੰਦੋਲਨ ਵਿਚ ਪੰਜਾਬ ਭਰ ਤੋਂ ਲੱਖਾਂ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਅਤੇ ਖੇਤੀ ਮੰਡੀ ਨਾਲ ਸੰਬੰਧਤ ਸਾਰੇ ਵਰਗ ਜਿਵੇਂ ਛੋਟੇ ਦੁਕਾਨਦਾਰ, ਛੋਟੇ ਵਪਾਰੀਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਖੇਤੀ ਸਮੇਤ ਸਭ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਤਹਈਆ ਕਰ ਚੁੱਕੀ ਹੈ ਪਰ ਅੱਜ ਦੇਸ਼ ਦਾ ਅੰਨਦਾਤਾ ਜਾਗ ਚੁੱਕਾ ਹੈ ਅਤੇ ਸਰਕਾਰ ਦੇ ਇਹ ਮਨਸੂਬੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ।