ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿਚ ਕਾਰ ਅਤੇ ਟਰੱਕ ਦੀ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇੰਨੇ ਹੀ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ‘ਤੇ ਸੋਗ ਜ਼ਾਹਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਹਾਦਸਾ ਬੁੱਧਵਾਰ ਰਾਤ ਕਰੀਬ 10 ਵਜੇ ਬਰੇਲੀ-ਇਟਾਵਾ ਹਾਈਵੇਅ ‘ਤੇ ਬਰਖੇੜਾ ਜੈਪਾਲ ਚੌਰਾਹੇ ਨੇੜੇ ਵਾਪਰਿਆ, ਜਦੋਂ ਜ਼ਿਲ੍ਹੇ ਕਾਂਟ ਕਸਬੇ ਦੇ ਵਾਸੀ ਰਿਆਜੁਲ ਅਲੀ ਆਪਣੇ ਪਰਿਵਾਰ ਨਾਲ ਕਾਰ ਤੋਂ ਦਿੱਲੀ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ।
ਪੁਲਸ ਸੁਪਰਡੈਂਟ ਰਾਜੇਸ਼ ਐੱਸ. ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਅਤੇ ਮਦਨਾਪੁਰ ਦੇ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ 5 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਅਤੇ 5 ਲੋਕਾਂ ਨੂੰ ਇਲਾਜ ਮਗਰੋਂ ਸਰਕਾਰੀ ਮੈਡੀਕਲ ਕਾਲਜ ਸ਼ਾਹਜਹਾਂਪੁਰ ਰੈਫਰ ਕਰ ਦਿੱਤਾ।
ਮ੍ਰਿਤਕਾਂ ਦੀ ਪਛਾਣ ਰਿਆਜੁਲ (45), ਆਮਨਾ (42), ਗੁੜੀਆ (9), ਤਮੰਨਾ (32) ਅਤੇ ਨੂਰ (6) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਲ੍ਹਾ ਅਧਿਕਾਰੀ ਧਰਮਿੰਦਰ ਪ੍ਰਤਾਪ ਸਿੰਘ ਅਤੇ ਪੁਲਸ ਸੁਪਰਡੈਂਟ ਸਮੇਤ ਹੋਰ ਅਧਿਕਾਰੀ ਰਾਤ ਵਿਚ ਮੈਡੀਕਲ ਕਾਲਜ ਪਹੁੰਚੇ ਅਤੇ ਜ਼ਖ਼ਮੀਆਂ ਦੇ ਬਿਹਤਰ ਇਲਾਜ ਦੀ ਵਿਵਸਥਾ ਕਰਵਾਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਉਸ ਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।