ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਸਕਣਗੇ।
ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਦੋਸ਼ਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਰਘੁਜੀਤ ਸਿੰਘ ਵਿਰਕ, ਦਲਜੀਤ ਭਿੰਡਰ ਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।ਹਾਲਾਂਕਿ ਇਸ ਮਾਮਲੇ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਕੁਝ ਹੀ ਦੇਰ ਵਿਚ ਪ੍ਰੈੱਸ ਰਿਲੀਜ਼ ਵਿਚ ਮੀਟਿੰਗ ਬਾਰੇ ਵਿਸਥਾਰਤ ਜਾਣਕਾਰੀ ਦੇ ਦਿੱਤੀ ਜਾਵੇਗੀ।