ਨਵੀਂ ਦਿੱਲੀ- ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਕਿਹਾ ਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਨੇੜੇ ਅਸਥਾਈ ਹਸਪਤਾਲ ‘ਚ ਸ਼ਿਫਟ ਕੀਤਾ ਜਾਵੇ, ਜਿੱਥੇ ਦਿਨ-ਰਾਤ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖੀ ਜਾ ਸਕੇ। ਜਸਟਿਸ ਸੂਰਿਆਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ ਅੱਜ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ 70 ਸਾਲਾ ਡੱਲੇਵਾਲ ਨੂੰ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਵਾਲੀ ਥਾਂ ਨੇੜੇ ਬਣਾਏ ਗਏ ਅਸਥਾਈ ਹਸਪਤਾਲ ਵਿਚ ਸ਼ਿਫਟ ਕਰਨ ਬਾਰੇ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ। ਉਨ੍ਹਾਂ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਅਸੀਂ ਡੱਲੇਵਾਲ ਦੇ ਸਾਰੇ ਟੈਸਟ ਕੀਤੇ ਸਨ। ਈ. ਸੀ. ਜੀ ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਸਿਹਤ ਫਿਲਹਾਲ ਸਥਿਰ ਹੈ। ਅਦਾਲਤ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮੁੱਖ ਸਕੱਤਰ ਅਤੇ ਡੀ. ਜੀ. ਪੀ ਦੋਵੇਂ ਅੱਜ ਹਲਫ਼ਨਾਮਾ ਦਾਖ਼ਲ ਕਰਨ। ਇਸ ਵਾਅਦੇ ਨਾਲ ਕਿ ਤੁਸੀਂ ਉਨ੍ਹਾਂ ਨੂੰ ਅਸਥਾਈ ਹਸਪਤਾਲ ਵਿਚ ਸ਼ਿਫਟ ਕਰੋਗੇ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰੋਗੇ।