ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਸ਼ਾਹਦਰਾ ਇਲਾਕੇ ‘ਚ ਸ਼ਨੀਵਾਰ ਸਵੇਰੇ ਸੈਰ ਲਈ ਨਿਕਲੇ ਇਕ ਕਾਰੋਬਾਰੀ ਦਾ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਚੜ੍ਹਦੀ ਸਵੇਰ ਵਾਪਰੀ ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ 52 ਸਾਲਾ ਸੁਨੀਲ ਜੈਨ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੈਨ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜੈਨ, ਜੋ ਮਿੱਟੀ ਦੇ ਭਾਂਡੇ ਦਾ ਕਾਰੋਬਾਰ ਕਰਦਾ ਹੈ, ‘ਯਮੁਨਾ ਸਪੋਰਟਸ ਕੰਪਲੈਕਸ’ ਤੋਂ ਸਵੇਰ ਦੀ ਸੈਰ ਤੋਂ ਬਾਅਦ ਘਰ ਪਰਤ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਫਰਸ਼ ਬਾਜ਼ਾਰ ਖੇਤਰ ‘ਚ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਹਮਲਾ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।