ਹਰਿਮੰਦਰ ਸਾਹਿਬ ਦੀ ‘ਪਰਿਕਰਮਾ’ ‘ਚ ਯੋਗਾ ਕਰਨ ‘ਤੇ ਅਰਚਨਾ ਮਕਵਾਨਾ ਵਿਰੁੱਧ ਐੱਫ.ਆਈ.ਆਰ. ਦਰਜ਼ ਕੀਤੀ ਗਈ ਹੈ। ਦਰਅਸਲ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਦਿਨ ਪਹਿਲਾਂ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਦਰਜ਼ ਕਰਵਾਈ ਸੀ। ਐੱਸਜੀਪੀਸੀ ਦੀ ਸ਼ਿਕਾਇਤ ’ਤੇ ਹੀ ਇਹ ਕਾਰਵਾਈ ਕੀਤੀ ਗਈ ਹੈ।
ਐੱਫਆਈਆਰ ਦਰਜ਼ ਕਰਨ ਦੀ ਪੁਸ਼ਟੀ ਸਹਾਇਕ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਅਸੀਂ ਦਰਬਾਰ ਸਾਹਿਬ ਵਿੱਚ ਲੱਗੇ ਸੀ.ਸੀ.ਟੀ.ਵੀ. ਰਾਹੀ ਦੇਖਿਆ ਹੈ ਕਿ ਲੜਕੀ ਨੇ ਪਾਵਨ ਅਸਥਾਨ ਦੇ ਦਰਸ਼ਨ ਵੀ ਨਹੀਂ ਕੀਤੇ। ਜੋ ਕਿ ਸਭ ਕੁਝ ਪ੍ਰਚਾਰ ਲਈ ਯੋਜਨਾਬੱਧ ਜਾਪਦਾ ਹੈ, ਇਸ ਲਈ ਇਸ ਸਬੰਧੀ ਐੱਫਆਈਆਰ ਦਰਜ਼ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗਾ ਕਰ ਰਹੀ ਲੜਕੀ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ਪੋਸਟ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੂੰ ਐਫਆਈਆਰ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਹੈ।
ਇਸ ਮਾਮਲੇ ਵਿੱਚ ਲਾਪ੍ਰਵਾਹੀ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਨੇ ਆਪਣੇ ਤਿੰਨ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਹਾਲਾਂਕਿ ਲੜਕੀ ਨੇ ਸੋਸ਼ਲ ਮੀਡੀਆ ‘ਤੇ ਆਪਣੀ ਗਲਤੀ ਲਈ ਮੁਆਫੀ ਮੰਗੀ ਹੈ। ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਲੜਕੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਹਰਿਮੰਦਰ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਅਰਚਨਾ ਮਕਵਾਨਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਮੈਂ ਹਾਲ ਹੀ ਵਿੱਚ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਕੁਝ ਪੋਸਟ ਕੀਤਾ ਹੈ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਯੋਗਾ ਕਰਨਾ ਕੁਝ ਲੋਕਾਂ ਲਈ ਅਪਮਾਨਜਨਕ ਹੋ ਸਕਦਾ ਹੈ, ਕਿਉਂਕਿ ਮੇਰਾ ਕਿਸੇ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ।