ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਚੌਥੀ ਮੰਜ਼ਿਲ ’ਤੇ ਅੱਜ ਦੇਰ ਸ਼ਾਮ ਸਿੱਖਿਆ ਵਿਭਾਗ ਦੇ ਇਕ ਮੁਲਾਜ਼ਮ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ DSP ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਜਿੰਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਸਿੱਖਿਆ ਵਿਭਾਗ ਵਿੱਚ ਹੀ ਕਲਰਕ ਵੱਜੋਂ ਨੌਕਰੀ ਕਰਦਾ ਸੀ ਜਿਸ ਦੀ ਪਹਿਚਾਣ ਵਿਨੋਦ ਕੁਮਾਰ ਵਾਸੀ ਸ਼ੇਖੂਪਰੁ ਵੱਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਚੌਥੀ ਮੰਜਿਲ ’ਤੇ ਕਮਰਾ ਨੰਬਰ 409 ’ਚ ਸਿੱਖਿਆ ਵਿਭਾਗ ਦੇ ਕਲਰਕ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ ਗਈ। ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਸਬ-ਡਿਵੀਜ਼ਨ ਹਰਪ੍ਰੀਤ ਸਿੰਘ, ਥਾਣਾ ਸਦਰ ਦੇ ਐੱਸਐੱਚਓ ਸੋਨਮਦੀਪ ਕੌਰ ਅਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਹਾਲਾਂਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਤੇ ਨਾ ਹੀ ਘਟਨਾ ਸਥਾਨ ਤੋਂ ਕੋਈ ਸੁਸਾਇਡ ਨੋਟਿਸ ਬਰਾਮਦ ਹੋਇਆ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ। ਡੀਐੱਸਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ਼ ਕਰਵਾਉਣਗੇ ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।