ਕੁਵੈਤ ’ਚ ਉਸ ਸਮੇਂ ਦਰਜ਼ਨਾਂ ਲੋਕਾਂ ਦੀ ਮੌਤ ਹੋ ਗਈ ਜਦੋਂ ਇੱਕ ਇਮਾਰਤ ਭਿਆਨਕ ਅੱਗ ਦੀ ਲਪੇਟ ’ਚ ਆ ਗਈ। ਸਰਕਾਰੀ ਨਿਊਜ਼ ਏਜੰਸੀ ਵੱਲੋਂ ਇਸਦੀ ਜਾਣਕਾਰੀ ਦਿੱਤੀ ਗਈ ਹੈ। ਕੁਵੈਤ ਨਿਊਜ਼ ਏਜੰਸੀ ਮੁਤਾਬਕ ਬੁੱਧਵਾਰ ਸਵੇਰੇ ਦੱਖਣੀ ਮਾਂਗਫ ਜ਼ਿਲੇ ‘ਚ ਇਕ ਇਮਾਰਤ ‘ਚ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਗ ਲੱਗਣ ਦੀ ਘਟਨਾ ‘ਚ 40 ਤੋਂ ਵੱਧ ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ਕੁਵੈਤ ਸਿਟੀ ਵਿੱਚ ਅੱਗ ਦੀ ਘਟਨਾ ਦੀ ਖਬਰ ਤੋਂ ਡੂੰਘਾ ਸਦਮਾ ਲੱਗਿਆ ਹੈ। 40 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ ਅਤੇ 50 ਤੋਂ ਵੱਧ ਲੋਕ ਹਸਪਤਾਲ ਵਿੱਚ ਦਾਖਲ ਹਨ। ਦੁਖਦਾਈ ਤੌਰ ‘ਤੇ ਪਰਿਵਾਰ ਦੇ ਮੈਂਬਰ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ।
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਅੱਗ ਦੀ ਲਪੇਟ ਵਿਚ ਆਏ ਜ਼ਿਆਦਾਤਰ ਲੋਕ ਭਾਰਤੀ ਹਨ। ਜੈਸ਼ੰਕਰ ਨੇ ਕਿਹਾ, ਅਸੀਂ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀ ਲੋਕਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਾਡਾ ਦੂਤਾਵਾਸ ਇਸ ਸਬੰਧ ਵਿੱਚ ਸਾਰੇ ਸਬੰਧਤਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰੇਗਾ।