ਨਵੀਂ ਦਿੱਲੀ : ਕੇਂਦਰੀ ਦਿੱਲੀ ਦੇ ਕਰੋਲ ਬਾਗ ਵਿੱਚ ਸ਼ੁੱਕਰਵਾਰ ਤੜਕੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਵਿਅਕਤੀ ‘ਤੇ ਕੁਝ ਹਮਲਾਵਰਾਂ ਨੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਅੱਜ ਸਵੇਰੇ 2:30 ਤੋਂ 3 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੁਲਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਲੇਡੀ ਹਾਰਡਿੰਗ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਸਵੇਰੇ 3:55 ਵਜੇ ਇੱਕ ਮੈਡੀਕੋ-ਲੀਗਲ ਕੇਸ (ਐਮਐਲਸੀ) ਕਾਲ ਆਈ, ਜਿਸ ਵਿੱਚ ਦੱਸਿਆ ਗਿਆ ਕਿ ਆਨੰਦ ਪਰਵਤ ਦਾ ਰਹਿਣ ਵਾਲਾ ਰੋਹਿਤ ਨਾਮ ਦਾ ਇੱਕ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਕਿਹਾ ਕਿ ਪੀੜਤ, ਜੋ ਇਸ ਸਮੇਂ ਡਾਕਟਰੀ ਨਿਗਰਾਨੀ ਹੇਠ ਹੈ, ਨੇ ਗੋਲੀਬਾਰੀ ਵਿੱਚ ਸ਼ਾਮਲ ਸ਼ੱਕੀਆਂ ਬਾਰੇ ਜਾਣਕਾਰੀ ਦਿੱਤੀ ਹੈ।
ਅਧਿਕਾਰੀ ਨੇ ਕਿਹਾ ਕਿ ਘਟਨਾ ਸਥਾਨ ‘ਤੇ ਪਹੁੰਚੀ ਫੋਰੈਂਸਿਕ ਟੀਮ ਨੇ ਮੌਕੇ ਤੋਂ ਦੋ ਖਾਲੀ ਕਾਰਤੂਸ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਤਿੰਨ ਰਾਉਂਡ ਗੋਲੀਆਂ ਚਲਾਈਆਂ ਗਈਆਂ ਸਨ। ਪੁਲਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵਲੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

