ਫਰੀਦਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਾਮੂਲੀ ਝਗੜੇ ਤੋਂ ਬਾਅਦ ਇੱਕ ਨਾਬਾਲਗ ਨੌਜਵਾਨ ਨੇ ਆਪਣੀ ਮਾਂ ਨੂੰ ਵੀ ਨਹੀਂ ਬਖਸ਼ਿਆ ਤੇ ਲੋਹੇ ਦੀ ਹੱਥੀ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਫਰੀਦਕਟੋ ਦੇ ਭੋਲੂਵਾਲਾ ਰੋਡ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਬਾਕ ਇੱਥੇ ਇੱਕ ਪ੍ਰਵਾਸੀ ਪਰਿਵਾਰ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਨਾਬਾਲਗ ਲੜਕੇ ਅਤੇ ਮਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਨਾਬਾਲਗ ਲੜਕੇ ਨੇ ਗੁੱਸੇ ਵਿੱਚ ਨਲਕੀ ਦੀ ਹੱਥੀ ਨਾਲ ਆਪਣੀ ਮਾਂ ’ਤੇ ਕਈ ਵਾਰ ਕਰ ਦਿੱਤੇ। ਇਸ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਐੱਸਐੱਚਓ ਮਲਕੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭੋਲੂਵਾਲਾ ਰੋਡ ‘ਤੇ ਇਕ ਔਰਤ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਪਤਾ ਲੱਗਿਆ ਕਿ ਇਹ ਇਕ ਪਰਵਾਸੀ ਪਰਿਵਾਰ ਹੈ ਜਿੰਨ੍ਹਾਂ ਦੇ ਨਾਬਾਲਗ ਲੜਕੇ ਨੇ ਆਪਣੀ ਮਾਂ ਨਾਲ ਮਾਮੂਲੀ ਝਗੜੇ ਤੋਂ ਬਾਅਦ ਲੋਹੇ ਦੀ ਹੱਥੀ ਨਾਲ ਕਈ ਵਾਰ ਕਰਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮ੍ਰਿਤਕ ਔਰਤ ਸੁਨੀਤਾ ਦੇਵੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕਾ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ਼ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ, ਜਿਸਦੀ ਭਾਲ ਕੀਤੀ ਜਾ ਰਹੀ ਹੈ।