ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਇਸ ਮੁੱਦੇ ’ਤੇ ਜਲਦੀ ਕੈਬਨਿਟ ਮੀਟਿੰਗ ਵੀ ਸੱਦੀ ਜਾਵੇਗੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।