ਮੋਗਾ : ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਉਕਤ ਮੁਲਜ਼ਮ ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਥਾਣੇ ਵਿਚ ਉਸਨੇ ਆਪਣੇ ਅਗਵਾ ਹੋਣ ਸਬੰਧੀ ਐੱਫ.ਆਈ.ਆਰ. ਦਰਜ ਕਰਵਾਈ ਹੈ ਅਤੇ ਉਕਤ ਏਐੱਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਉਸ ਤੋਂ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।